1984 ਦੇ ਸਿੱਖ ਕਤਲੇਆਮ ਦੰਗੇ ਨਹੀਂ ਸਿੱਖ ਨਸਲਕੁਸ਼ੀ ਸਨ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਬੂਲਿਆ
• ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ • 17 ਪੀੜਤ ਪਰਿਵਾਰਾਂ ਨੂੰ 5-5 ਲੱਖ ਦੇ ਚੈੱਕ ਵੰਡੇ
ਨਵੀਂ ਦਿੱਲੀ, 26 ਦਸੰਬਰ -ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਨੂੰ ਨਸਲਕੁਸ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਹਜ਼ਾਰਾਂ ਬੇਕਸੂਰ ਸਿੱਖਾਂ ਦੀਆਂ ਹੱਤਿਆਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਹਾਲੇ ਬਾਕੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇਗੀ | ਉਹ ਅੱਜ ਪੱਛਮੀ ਦਿੱਲੀ ਦੇ ਤਿਲਕ ਵਿਹਾਰ ਵਿਚ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਦੇ ਚੈਕ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾ-ਮੁਕਤ ਜੱਜ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਜਾਂਚ ਟੀਮ ਦੀਆਂ ਸਿਫਾਰਸ਼ਾਂ ਅਨੁਸਾਰ ਲੋੜੀਂਦੇ ਕਦਮ ਚੁੱਕੇਗੀ | ਉਨ੍ਹਾਂ ਕਿਹਾ ਕਿ 1984 ਵਿਚ ਦਿੱਲੀ ਵਿਚ ਸਿੱਖਾਂ ਨਾਲ ਜੋ ਕੁਝ ਹੋਇਆ ਉਸ ਨੂੰ ਦੰਗੇ ਨਹੀਂ ਕਿਹਾ ਜਾ ਸਕਦਾ, ਕਿਉਂਕਿ ਇਸ ਦੌਰਾਨ ਯੋਜਨਾਬੱਧ ਤਰੀਕੇ ਨਾਲ ਹਜਾਰਾਂ ਸਿੱਖਾਂ ਦੀਆਂ ਹੱਤਿਆਵਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਹ ਦੰਗੇ ਨਹੀਂ ਸਗੋਂ ਨਸਲਕੁਸ਼ੀ ਸੀ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਕੇ ਵੀ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਘੱਟ ਨਹੀਂ ਕੀਤਾ ਜਾ ਸਕਦਾ, ਪਰ ਸਰਕਾਰ ਨੇ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਜ਼ਖਮਾਂ 'ਤੇ ਮਲਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਾਲੇ ਸਜ਼ਾਵਾਂ ਦਿਵਾਉਣੀਆਂ ਬਾਕੀ ਹਨ | ਮੇਰਾ ਭਾਰਤੀ ਨਿਆਂ ਪ੍ਰਣਾਲੀ ਵਿਚ ਪੂਰਾ ਭਰੋਸਾ ਹੈ ਅਤੇ ਮੈਨੂੰ ਆਸ ਹੈ ਕਿ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਮਿਲਣਗੀਆਂ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਕਾਰ ਤੁਹਾਡੇ ਨਾਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਅਤੇ ਪੀੜਤ ਬੇਝਿਜਕ ਕਮੇਟੀ ਨੂੰ ਆਪਣੀਆਂ ਸ਼ਿਕਾਇਤਾਂ ਦੇ ਸਕਦੇ ਹਨ | ਸਮਾਗਮ ਦੌਰਾਨ ਪੀੜਤ ਔਰਤਾਂ ਅਮਰਜੀਤ ਕੌਰ ਅਤੇ ਬਖਸ਼ੀਸ਼ ਕੌਰ ਨੇ ਕਿਹਾ ਕਿ ਮੁਆਵਜ਼ੇ ਨਾਲ ਸਾਡਾ ਦਰਦ ਘੱਟ ਨਹੀਂ ਹੋਣਾ, ਸਗੋਂ ਸਰਕਾਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਇਮਾਨਦਾਰੀ ਨਾਲ ਕੋਸ਼ਿਸ਼ਾਂ ਕਰੇ | ਅੱਜ ਦੇ ਸਮਾਗਮ ਦੌਰਾਨ 17 ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਵੰਡੇ ਗਏ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਪੀੜਤਾਂ ਦੇ ਮੁਆਵਜੇ ਸਬੰਧੀ ਦਾਅਵਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜੀ ਪੀ ਮਾûਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ, ਕਿਉਂਕਿ ਜਸਟਿਸ ਨਾਨਾਵਤੀ ਕਮਿਸ਼ਨ ਨੇ ਪੁਲਿਸ ਵੱਲੋਂ ਬੰਦ ਕੀਤੇ 241 ਕੇਸਾਂ ਵਿਚੋਂ ਸਿਰਫ ਚਾਰ ਕੇਸਾਂ ਨੂੰ ਮੁੜ ਖੋਲ੍ਹਣ ਦੀ ਸਿਫਾਰਸ਼ ਕੀਤੀ ਸੀ ਜਦਕਿ ਭਾਜਪਾ ਸਾਰੇ 241 ਕੇਸ ਖੋਲ੍ਹਣ ਦੀ ਮੰਗ ਕਰ ਰਹੀ ਹੈ | ਵਿਸ਼ੇਸ਼ ਜਾਂਚ ਟੀਮ ਸਾਰੇ ਕੇਸਾਂ ਦੀ ਪੜਤਾਲ ਕਰਕੇ ਤਿੰਨ ਮਹੀਨਿਆਂ ਦੇ ਵਿਚ ਆਪਣੀ ਰਿਪੋਰਟ ਦੇਵੇਗੀ |
ਰਾਜਾਂ ਨੂੰ ਵੀ 5-5 ਲੱਖ ਮੁਆਵਜ਼ਾ ਜਾਰੀ ਕਰਨ ਲਈ ਕਿਹਾ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਤੁਰੰਤ ਕਦਮ ਚੁੱਕਣ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਹ ਕਤਲੇਆਮ ਪੀੜਤਾਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਵਾਧੂ 5-5 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਤੁਰੰਤ ਜਾਰੀ ਕਰਨ | ਪੱਤਰ ਵਿਚ ਸ੍ਰੀ ਰਾਜਨਾਥ ਸਿੰਘ ਨੇ ਸਾਰੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੂਬੇ ਵਿਚ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਬਾਰੇ ਸਾਰੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇਣ | ਸਰਕਾਰੀ ਰਿਪੋਰਟਾਂ ਅਨੁਸਾਰ ਸਿੱਖ ਕਤਲੇਆਮ ਦੌਰਾਨ ਕੁੱਲ 3325 ਵਿਅਕਤੀ ਮਾਰੇ ਗਏ ਸਨ ਅਤੇ ਇਨ੍ਹਾਂ 'ਚੋਂ 2733 ਦਿੱਲੀ ਦੇ ਸਨ ਬਾਕੀ ਲੋਕ ਹਰਿਆਣਾ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਿਚ ਮਾਰੇ ਗਏ ਸਨ
http://sikhsangharsh.com/?p=20856
No comments:
Post a Comment